News

80ਵੇਂ ਆਜ਼ਾਦੀ ਦਿਵਸ ਮੌਕੇ ਰਾਜਵੀਰ ਸਿੰਘ ਰਾਜੀ ਵੱਲੋਂ ਖਰੜ ਦੀਆਂ ਵੱਖ-ਵੱਖ ਸੋਸਾਇਟੀਆਂ ਵਿਖੇ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ

Published

on

ਖਰੜ: ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਪਵਿੱਤਰ ਅਤੇ ਇਤਿਹਾਸਕ ਮੌਕੇ ’ਤੇ ਸਾਬਕਾ ਕੌਂਸਲਰ ਰਾਜਵੀਰ ਸਿੰਘ ਰਾਜੀ ਵੱਲੋਂ ਖਰੜ ਦੀਆਂ ਵੱਖ-ਵੱਖ ਸੋਸਾਇਟੀਆਂ ਵਿਖੇ ਕੌਮੀ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਰਾਜਵੀਰ ਸਿੰਘ ਰਾਜੀ ਨੇ ਆਪਣੇ ਸੰਬੋਧਨ ਦੌਰਾਨ ਆਪਣੇ ਸਵਰਗੀ ਦਾਦਾ ਜੀ ਸਰਦਾਰ ਗੁਰਦੇਵ ਸਿੰਘ ਗੜਾਂਗ ਜੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਆਜ਼ਾਦੀ ਘੁਲਾਟੀ ਅਤੇ ਆਜ਼ਾਦ ਹਿੰਦ ਫੌਜ ਦੇ ਸਿਪਾਹੀ ਸਨ। ਉਨ੍ਹਾਂ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਨਾਲ ਮਿਲ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਦੀ ਜੰਗ ਵਿੱਚ ਸੰਘਰਸ਼ ਕੀਤਾ ਅਤੇ ਇਸ ਦੌਰਾਨ ਕਈ ਵਾਰ ਜੇਲ੍ਹਾਂ ਵੀ ਕੱਟੀਆਂ। ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਦੀ ਦੇਸ਼ ਪ੍ਰਤੀ ਕੁਰਬਾਨੀ ਅਤੇ ਜਜ਼ਬਾ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ।

ਇਸੇ ਮੌਕੇ ਉਨ੍ਹਾਂ ਆਪਣੇ ਪਿਤਾ ਜੀ ਸਰਦਾਰ ਰਘੁਬੀਰ ਸਿੰਘ ਗੜਾਂਗ ਜੀ ਨੂੰ ਵੀ ਸਤਿਕਾਰ ਸਹਿਤ ਯਾਦ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਸਾਬਕਾ ਸੈਨਿਕ ਵਜੋਂ ਸੇਵਾ ਮੁਕਤ ਹੋਏ। ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਪਿਤਾ ਜੀ ਵੱਲੋਂ ਭਾਰਤੀ ਫੌਜ ਵਿੱਚ ਨਿਭਾਈ ਸੇਵਾ ਤੋਂ ਉਨ੍ਹਾਂ ਨੂੰ ਦੇਸ਼-ਪ੍ਰੇਮ, ਅਨੁਸ਼ਾਸਨ, ਇਮਾਨਦਾਰੀ ਅਤੇ ਲੋਕ ਸੇਵਾ ਦੀ ਪ੍ਰੇਰਣਾ ਮਿਲੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਖੁਦ ਭਾਰਤੀ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਨਹੀਂ ਮਿਲਿਆ, ਪਰ ਉਹ ਆਪਣੇ ਦਾਦਾ ਜੀ ਅਤੇ ਪਿਤਾ ਜੀ ਦੇ ਦਿਖਾਏ ਰਾਹ ’ਤੇ ਚੱਲਦਿਆਂ ਸਮਾਜ ਸੇਵਾ ਅਤੇ ਲੋਕ ਸੇਵਾ ਰਾਹੀਂ ਦੇਸ਼ ਅਤੇ ਲੋਕਾਂ ਦੀ ਸੇਵਾ ਕਰਨ ਨੂੰ ਆਪਣਾ ਫਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਸਿਰਫ਼ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰ ਤੋਂ ਮਿਲੇ ਦੇਸ਼-ਪ੍ਰੇਮ ਅਤੇ ਸੇਵਾ ਦੇ ਸੰਸਕਾਰਾਂ ਨੂੰ ਅੱਗੇ ਵਧਾਉਣ ਦਾ ਇੱਕ ਯਤਨ ਹੈ। ਉਹ ਆਪਣੇ ਦਾਦਾ ਜੀ ਅਤੇ ਪਿਤਾ ਜੀ ਦੇ ਆਦਰਸ਼ਾਂ ’ਤੇ ਚੱਲਣ ਦੀ ਹਮੇਸ਼ਾ ਕੋਸ਼ਿਸ਼ ਕਰਦੇ ਰਹਿਣਗੇ।

ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਅਣਗਿਣਤ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਸਾਨੂੰ ਆਪਣੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਵੱਖ-ਵੱਖ ਸੋਸਾਇਟੀਆਂ ਵਿੱਚ ਕਰਵਾਏ ਗਏ ਸਮਾਗਮਾਂ ਦੌਰਾਨ ਬੱਚਿਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਸੱਭਿਆਚਾਰਕ ਅਤੇ ਦੇਸ਼ਭਗਤੀ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਨੇ ਮੌਜੂਦ ਲੋਕਾਂ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਉਤਸ਼ਾਹ ਦੀ ਭਾਵਨਾ ਪੈਦਾ ਕੀਤੀ।

ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਰਾਜਵੀਰ ਸਿੰਘ ਰਾਜੀ ਵੱਲੋਂ ਵੱਖ-ਵੱਖ ਮੁਕਾਬਲਿਆਂ ਅਤੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਅੰਦਰ ਦੇਸ਼ ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਚੰਗੇ ਸੰਸਕਾਰਾਂ ਦੀ ਭਾਵਨਾ ਪੈਦਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਸਮਾਗਮਾਂ ਦੌਰਾਨ ਹਾਜ਼ਰ ਸੰਗਤ ਅਤੇ ਨਿਵਾਸੀਆਂ ਨੇ ਵੀ ਦੇਸ਼ ਦੀ ਖੁਸ਼ਹਾਲੀ, ਏਕਤਾ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

ਅੰਤ ਵਿੱਚ ਰਾਜਵੀਰ ਸਿੰਘ ਰਾਜੀ ਨੇ ਸਮੂਹ ਦੇਸ਼ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਆਪਣੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਵਾਲਾ ਮਜ਼ਬੂਤ, ਖੁਸ਼ਹਾਲ ਅਤੇ ਵਿਕਸਿਤ ਭਾਰਤ ਬਣਾਉਣ ਲਈ ਆਪਣਾ ਯੋਗਦਾਨ ਪਾਈਏ।

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon